ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਦੋ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਪ੍ਰੋਗਰਾਮਾਂ, ਨੀਤੀਆਂ ਅਤੇ ਕਾਰਗੁਜ਼ਾਰੀ ਉਤੇ ਮੋਹਰ ਕਰਾਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਢਾਅ ਲੱਗੀ ਹੈ ਕਿਉਂਕਿ ਅਕਾਲੀ ਦਲ ਨੇ ਨਾ ਸਿਰਫ ਤਲਵੰਡੀ ਸਾਬੋ ਸੀਟ ਤੋਂ ਕਾਂਗਰਸ ਤੋਂ ਵੱਡੇ ਫਰਕ ਨਾਲ ਸੀਟ ਜਿੱਤੀ ਹੈ ਸਗੋਂ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਵੀ ਇਸ ਨੇ ਵੱਧ ਵੋਟਾਂ ਪ੍ਰਾਪਤ ਕੀਤੀਆਂ ਹਨ।
ਸ. ਬਾਦਲ ਨੇ ਕਿਹਾ ਕਿ ਦੋ ਵਿਧਾਨ ਸਭਾ ਹਲਕਿਆਂ ਦੇ ਨਤੀਜੇ ਦਰਸਾਉਂਦੇ ਹਨ ਕਿ ਕਾਂਗਰਸ ਦਾ ਸੂਬੇ ਵਿੱਚ ਸਪੱਸ਼ਟ ਸਫ਼ਾਇਆ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ 46,642 ਵੋਟਾਂ ਦੇ ਰਿਕਾਰਡ ਫਰਕ ਨਾਲ ਜਿੱਤ ਹੋਈ ਹੈ ਜੋ ਕਿ ਕਾਂਗਰਸ ਨੂੰ ਨਾ ਸਿਰਫ ਝਟਕਾ ਹੈ ਸਗੋਂ ਉਸ ਦੀਆਂ ਅੱਖਾਂ ਖੋਲ੍ਹਣ ਵਾਲਾ ਵੀ ਹੈ। ਮੁੱਖ ਮੰਤਰੀ ਨੇ ਦੋਵਾਂ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੂੰ ਪਹਿਲਾਂ ਨਾਲੋਂ ਵੱਧ ਵੋਟਾਂ ਦਿਵਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਤੋਂ ਜੋ ਪਾਰਟੀ ਦੀ ਜਿੱਤ ਅਤੇ ਪਟਿਆਲਾ ਹਲਕੇ ਤੋਂ ਵੋਟਾਂ ਵਿੱਚ ਹੋਇਆ ਸੁਧਾਰ ਇਹ ਦਰਸਾਉਂਦਾ ਹੈ ਕਿ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ।
ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਨੇ ਤਲਵੰਡੀ ਸਾਬੋ ਦੀ ਸੀਟ ਕਾਂਗਰਸ ਤੋਂ ਖੋਹੀ ਹੈ ਜੋ ਕਿ ਇਸ ਨੇ ਪਿਛਲੀ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਜਿੱਤੀ ਸੀ। ਇਸ ਗਠਜੋੜ ਨੇ ਪਟਿਆਲਾ ਹਲਕੇ ਤੋਂ 16342 ਵੋਟਾਂ ਦੇ ਮੁਕਾਬਲੇ ਇਸ ਵਾਰ 29685 ਵੋਟਾਂ ਹਾਸਲ ਕੀਤੀਆਂ ਹਨ ਜੋ ਕਿ ਪਿਛਲੀ ਵਾਰੀ ਨਾਲੋਂ 13343 ਵੋਟਾਂ ਜ਼ਿਆਦਾ ਹਨ। ਇਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਪਿਛਲੀ ਲੋਕ ਸਭਾ ਚੋਣ ਦੀ ਕਾਰਗੁਜ਼ਾਰੀ ਦੇ ਮੁਕਾਬਲੇ ਇਸ ਵਾਰ ਗਠਜੋੜ ਨੂੰ ਤਕਰੀਬਨ 100 ਫ਼ੀਸਦੀ ਵੱਧ ਵੋਟਾਂ ਮਿਲੀਆਂ ਹਨ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿੱਚ ਵਿਸ਼ਵਾਸ ਪ੍ਰਗਟ ਕਰਨ ਵਾਲੇ ਲੋਕਾ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਨਤੀਜੇ ਰਾਜ ਦੇ ਲੋਕਾਂ ਦੇ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਇਹ ਕਹਿੰਦੇ ਆ ਰਹੇ ਹਨ ਕਿ ਆਮ ਆਦਮੀ ਪਾਰਟੀ ਰਾਜ ਦੀ ਸਿਆਸਤ ਤੋਂ ਖਤਮ ਹੋ ਜਾਵੇਗੀ ਅਤੇ ਇਨ੍ਹਾਂ ਚੋਣਾਂ ਨੇ ਉਨ੍ਹਾਂ ਦੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ।



