ਪੰਜਾਬੀ ਕਿਸਾਨਾਂ ਨੂੰ ਜਾਰਜੀਆ ਵੱਲੋਂ ਵੀਜ਼ੇ ਨਾ ਦੇਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ
ਪਰਨੀਤ ਬਰਾੜ- ਕਾਰਜਕਾਰੀ ਸੰਪਾਦਕਲਹਿਰੀ/ਬਠਿੰਡਾ, 31 ਅਗਸਤ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੀ ਸਥਾਪਨਾ ਤੇ ਅਹੁਦੇਦਾਰਾਂ ਦੀ ਚੋਣ ਨੂੰ ਸਰਾਸਰ ਗਲਤ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਸਰਵਉਚ ਅਦਾਲਤ ਵਿੱਚ ਸੁਣਵਾਈ ਅਧੀਨ ਹੋਣ ਦੇ ਬਾਵਜੂਦ ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦਿੱਤਾ ਜਾ ਰਿਹਾ ਹੈ।ਅੱਜ ਇੱਥੇ ਧੰਨਵਾਦੀ ਪ੍ਰੋਗਰਾਮ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖਰੀ ਕਮੇਟੀ ਬਾਰੇ ਸੁਪਰੀਮ ਕੋਰਟ ਵਿੱਚ ਮਾਮਲਾ ਵਿਚਾਰ ਅਧੀਨ ਹੈ ਜਿਸ ਕਰਕੇ ਅਜਿਹੀ ਹਾਲਾਤ ਵਿੱਚ ਕੋਈ ਕਦਮ
ਉਠਾਉਣਾ ਕਾਨੂੰਨੀ ਤੌਰ ’ਤੇ ਵਾਜਬ ਨਹੀਂ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਅਪਣਾ ਕੇ ਵੱਖ-ਵੱਖ ਸੂਬਿਆਂ ਅਤੇ ਖਿੱਤਿਆਂ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਰਾਜ ਕੀਤਾ ਹੈ। ਉਨ•ਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਕਾਂਗਰਸ ਹਾਈ ਕਮਾਂਡ ਦੇ ਇਸ਼ਾਰੇ ’ਤੇ ਸਿੱਖਾਂ ਵਿੱਚ ਵੰਡੀਆਂ ਪਾਉਣ ਲਈ ਬੇਮੁਹਾਰੇ ਸਿੱਖ ਵਿਰੋਧੀ ਫੈਸਲੇ ਲੈ ਰਹੇ ਹਨ। ਉਨ•ਾਂ ਕਿਹਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਹੋਵੇ ਤਾਂ ਉਸ ਵੇਲੇ ਸਿੱਖ ਜੁਡੀਸ਼ਲ ਕਮਿਸ਼ਨ ਦੀ ਸਥਾਪਨਾ ਅਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰਨ ਪਿੱਛੇ ਕਾਂਗਰਸ ਸਰਕਾਰ ਦੀ ਡੂੰਘੀ ਸਾਜ਼ਿਸ਼ ਨਜ਼ਰ ਆਉਂਦੀ ਹੈ। ਸ. ਬਾਦਲ ਨੇ ਕਿਹਾ ਕਿ ਹੁੱਡਾ ਸਰਕਾਰ ਵੱਖਰੀ ਕਮੇਟੀ ਲਈ ਉਨ•ਾਂ ਲੋਕਾਂ ਦੀ ਹਮਾਇਤ ਕਰ ਰਹੀ ਹੈ, ਜਿਨ•ਾਂ ਲੋਕਾਂ ਨੂੰ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੀ ਆਮ ਚੋਣਾਂ ਦੌਰਾਨ ਹਰਿਆਣਾ ਦੇ ਸਿੱਖਾਂ ਨੇ ਬੁਰੀ ਤਰ•ਾਂ ਨਾਕਾਰ ਕੇ ਜ਼ਮਾਨਤਾਂ ਜ਼ਬਤ ਕਰਵਾ ਦਿੱਤੀਆਂ ਸਨ। ਮੁੱਖ ਮੰਤਰੀ ਨੇ ਅੱਜ ਮੁੜ ਦੁਹਰਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ ਜਿਸ ਦੀ ਬੁਨਿਆਦ ਹਜ਼ਾਰਾਂ ਸਿੱਖਾਂ ਦੀਆਂ ਮਹਾਨ ਕੁਰਬਾਨੀ ’ਤੇ ਉਸਰੀ ਹੈ। ਉਨ•ਾਂ ਕਿਹਾ ਕਿ ਮਹਾਰਾਸ਼ਟਰ ਵਿੱਚ ਵੀ ਉਥੋਂ ਦੀ ਕਾਂਗਰਸ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਦੀ ਨੁਮਾਇੰਦਗੀ ਘਟਾ ਕੇ ਸਿੱਖ ਵਿਰੋਧੀ ਪਾਰਟੀ ਹੋਣ ਦਾ ਸਬੂਤ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਇਸ ਕਾਰਵਾਈ ਨਾਲ ਭਾਈਚਾਰਕ ਮਾਹੌਲ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕਿਸੇ ਭਾਈਚਾਰੇ ਦੇ ਧਾਰਮਿਕ ਮਾਮਲਿਆਂ ਵਿੱਚ ਅਜਿਹੀ ਦਖਲਅੰਦਾਜ਼ੀ ਨੂੰ ਕਿਸੇ ਵੀ ਹਾਲਤ ਵਿੱਚ ਇਖਲਾਕੀ, ਸਿਆਸੀ ਜਾਂ ਧਾਰਮਿਕ ਤੌਰ ‘ਤੇ ਜਾਇਜ਼ ਨਹੀਂ ਮੰਨਿਆ ਜਾ ਸਕਦਾ। ਜਾਰਜੀਆ ਵੱਲੋਂ ਪੰਜਾਬੀ ਕਿਸਾਨਾਂ ਨੂੰ ਵੀਜ਼ੇ ਦੇਣ ਤੋਂ ਇਨਕਾਰ ਕੀਤੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਅੰਤਰ-ਮੁਲਕ ਦੇ ਮਾਮਲੇ ਕੇਂਦਰ ਸਰਕਾਰ ਵੱਲੋਂ ਨਜਿੱਠੇ ਜਾਂਦੇ ਹਨ ਅਤੇ ਉਹ ਕੇਂਦਰ ਸਰਕਾਰ ਨੂੰ ਇਸ ਮਾਮਲੇ ਦੇ ਫੌਰੀ ਹੱਲ ਲਈ ਅਪੀਲ ਕਰਨਗੇ ਤਾਂ ਕਿ ਖੇਤੀ ਲਈ ਜਾਰਜੀਆ ਵਿੱਚ ਨਿਵੇਸ਼ ਕਰ ਚੁੱਕੇ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਕਾਂਗਰਸੀ ਪਾਰਟੀ ਵੱਲੋਂ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੇ ਲਾਏ ਦੋਸ਼ਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਕੋਲ ਇਸ ਵੇਲੇ ਸਿਵਾਏ ਨਿਰਆਧਾਰ ਬਿਆਨਬਾਜ਼ੀ ਕਰਨ ਤੋਂ ਹੋਰ ਕੁਝ ਕਹਿਣ ਨੂੰ ਨਹੀਂ ਬਚਿਆ। ਮੁੱਖ ਮੰਤਰੀ ਨੇ ਅੱਜ ਪਿੰਡ ਨਥੇਹਾ, ਨੰਗਲਾ, ਲਹਿਰੀ, ਸੀਗੋ, ਬਹਿਮਣ ਕੋਰ ਸਿੰਘ, ਬਹਿਮਣ ਜੱਸਾ ਸਿੰਘ, ਗੁਰੂ ਸਰ, ਫਤਹਿਗੜ• ਨੌਆਬਾਦ ਅਤੇ ਲੇਲੇਆਣਾ ਵਿੱਚ ਧੰਨਵਾਦੀ ਦੌਰ ਮੌਕੇ ਸ੍ਰੀ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਵੱਡੇ ਫਰਕ ਨਾਲ ਜਿਤਾਉਣ ਲਈ ਉਨ•ਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ•ਾਂ ਨੇ ਲੋਕਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਨਾਲ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਹਲਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਪਨਸਪ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਔਲਖ, ਅਕਾਲੀ ਆਗੂ ਸ. ਅਮਰਜੀਤ ਸਿੰਘ ਖਾਨਾ, ਸਾਬਕਾ ਵਿਧਾਇਕ ਸ. ਜਗਦੀਪ ਸਿੰਘ ਨਕੱਈ, ਮੁੱਖ ਮੰਤਰੀ ਦੇ ਸਾਬਕਾ ਪ੍ਰਮੁੱਖ ਸਕੱਤਰ ਸ੍ਰੀ ਦਰਬਾਰਾ ਸਿੰਘ ਗੁਰੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਤੋਂ ਇਲਾਵਾ ਡੀ.ਆਈ.ਜੀ. ਸ੍ਰੀ ਅਮਰ ਸਿੰਘ ਚਾਹਲ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਤੇ ਜ਼ਿਲ•ਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ।