ਚੰਡੀਗੜ੍ਹ 4 ਸਤੰਬਰ (ਪੀ. ਟੀ)- ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਸੰਸਦੀ ਸਕੱਤਰ (ਸਿੱਖਿਆ) ਸ. ਇੰਦਰਬੀਰ ਸਿੰਘ ਬੋਲਾਰੀਆ ਨੇ ਅਧਿਆਪਕ ਦਿਵਸ ਦੀ ਪੂਰਵ ਸੰਧਿਆ ’ਤੇ ਅੱਜ ਸਮੁੱਚੇ ਅਧਿਆਪਕ ਭਾਈਚਾਰੇ ਨੂੰ ਵਧਾਈ ਦਿੱਤੀ। ਭਾਰਤ ਦੇ ਦੂਜੇ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੀ ਜਨਮ ਵਰੇਗੰਢ ਵਾਲੇ ਦਿਨ ਮਨਾਏ ਜਾਂਦੇ ਅਧਿਆਪਕ ਦਿਵਸ ਮੌਕੇ ਜਾਰੀ ਸੰਦੇਸ਼ ਵਿੱਚ ਡਾ.ਚੀਮਾ ਨੇ ਕਿਹਾ ਕਿ ਸਵਰਗੀ ਡਾ. ਐਸ. ਰਾਧਾ ਕ੍ਰਿਸ਼ਨਨ ਇਕ ਮਹਾਨ ਵਿਦਵਾਨ ਅਤੇ ਫਿਲਾਸਫਰ ਸਨ ਜਿਹਨਾਂ ਦੇਸ਼ ਅੰਦਰ ਸਿਖਿਆ ਪ੍ਰਣਾਲੀ ਦੇ ਪੁਨਰਗਠਨ ਵਿੱਚ ਅਹਿਮ ਭੂਮਿਕਾ ਨਿਭਾਈ। ਅਧਿਆਪਕਾਂ ਨੂੰ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਸਭਿਆਚਾਰ ਦੇ ਸਰਪ੍ਰਸਤ ਦੱਸਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਇਕ ਮੱਦਦਗਾਰ
ਦੋਸਤ, ਮਾਰਗ ਦਰਸ਼ਕ ਅਤੇ ਸਲਾਹਕਾਰ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਕੇ ਸਮਾਜ ਤੇ ਆਦਰਸ਼ ਨਾਗਰਿਕ ਬਣਾਉਣ ਵਿੱਚ ਮੱਦਦ ਕਰਦੇ ਹਨ।
ਸਿੱਖਿਆ ਮੰਤਰੀ ਨੇ ਇਸ ਮੌਕੇ ਸਮੂਹ ਅਧਿਆਪਕ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਰਾਜ ਸਰਕਾਰ ਪੰਜਾਬ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਯਤਨਸ਼ੀਲ ਹੈ ਤਾਂ ਜੋ ਉਹ ਆਪਣੇ ਫਰਜ਼ਾਂ ਨੂੰ ਸੁਚੱਜੇ ਢੰਗ ਨਾਲ ਅੰਜ਼ਾਮ ਦੇ ਸਕਣ। ਉਨ੍ਹਾਂ ਅਧਿਆਪਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਮੌਜੂਦਾ ਹਾਲਾਤ ਮੁਤਾਬਕ ਖੁਦ ਨੂੰ ਪੜ੍ਹਾਈ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਂਦੇ ਹੋਏ ਆਪਣੇ ਗਿਆਨ ਦੇ ਭੰਡਾਰ ਨੂੰ ਹੋਰ ਵਿਸ਼ਾਲ ਬਣਾਉਣ ਲਈ ਨਿਰੰਤਰ ਯਤਨ ਕਰਦੇ ਰਹਿਣ। ਇਸੇ ਦੌਰਾਨ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੋਲਾਰੀਆ ਨੇ ਸਮੁੱਚੇ ਅਧਿਆਪਕ ਭਾਈਚਾਰੇ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਭਲਕੇ 5 ਸਤੰਬਰ ਨੂੰ ਜਲੰਧਰ ਵਿਖੇ ਰਾਜ ਪੱਧਰੀ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਸਿੱਖਿਆ ਮੰਤਰੀ ਵੱਲੋਂ 34 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਆ ਜਾਵੇਗਾ।