ਮੁੱਖ ਸਕੱਤਰ ਦੀ ਅਗਵਾਈ ਹੇਠ ਹੋਈ ਉਚ ਪੱਧਰੀ ਮੀਟਿੰਗ ਵਿੱਚ ਲਿਆ ਫੈਸਲਾ
ਪਰਨੀਤ ਬਰਾੜ- ਕਾਰਜਕਾਰੀ ਸੰਪਾਦਕ ਜਲੰਧਰ/ਚੰਡੀਗੜ੍ਹ, 16 ਸਤੰਬਰ-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਸ਼ਾਸਕੀ ਸੁਧਾਰਾਂ ਨੂੰ ਸ਼ੁਰੂ ਕੀਤੇ ਉਪਰਾਲਿਆਂ ਦੀ ਅਗਲੀ ਕੜੀ ਤਹਿਤ ਸਰਕਾਰੀ ਅਧਿਕਾਰੀਆਂ ਨੂੰ ਹੋਰ ਜਵਾਬਦੇਹ ਬਣਾਉਣ ਅਤੇ ਸੂਬਾ ਵਾਸੀਆਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ ਅੱਜ ਇਕ ਅਹਿਮ ਫੈਸਲਾ ਕਰਦਿਆਂ ਸਮੂਹ ਗਰੁੱਪ ‘ਏ’ ਅਤੇ ‘ਬੀ’ ਕੈਟੇਗਰੀ ਦੇ ਸਰਕਾਰੀ ਅਧਿਕਾਰੀਆਂ ਦੀ ਸਾਲਾਨਾ ਪ੍ਰਾਪਰਟੀ ਰਿਟਰਨਾਂ ਸਰਕਾਰ ਦੀ ਅਧਿਕਾਰਤ ਵੈਬਸਾਈਟ ਉੁਪਰ ਅਪਲੋਡ ਕੀਤੀਆਂ ਜਾਣਗੀਆਂ। ਇਹ ਫੈਸਲਾ ਅੱਜ ਇਥੇ ਮੁੱਖ
ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਪ੍ਰਾਪਰਟੀ ਰਿਟਰਨਾਂ ਨੂੰ ਵੈਬਸਾਈਟ ਉਪਰ ਪਾਉਣ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਅੰਤਿਮ ਰੂਪ ਰੇਖਾ ਦਿੱਤੀ ਗਈ।ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਅੱਜ ਇਥੇ ਜਾਣਕਾਰੀ ਅਨੁਸਾਰ ਇਹ ਫੈਸਲਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਜਿਨ੍ਹਾਂ ਕੋਲ ਪ੍ਰਸ਼ਾਸਕੀ ਸੁਧਾਰਾਂ ਦਾ ਵਿਭਾਗ ਵੀ ਹੈ, ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ। ਇਸ ਫੈਸਲੇ ਤਹਿਤ ਪਹਿਲੇ ਪੜਾਅ ਵਿੱਚ ਸੂਬਾ ਸਰਕਾਰ ਦੇ ਸਮੂਹ ਗਰੁੱਪ ਏ ਅਤੇ ਬੀ ਕੈਟੇਗਰੀ ਦੇ ਅਧਿਕਾਰੀਆਂ ਦੀਆਂ ਸਾਲਾਨਾ ਪ੍ਰਾਪਰਟੀ ਰਿਟਰਨਾਂ 45 ਦਿਨਾਂ ਦੇ ਅੰਦਰ ਵੈਬਸਾਈਟ ਉਪਰ ਅਪਲੋਡ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਆਈ.ਏ.ਐਸ਼., ਪੀ.ਸੀ.ਐਸ. ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ ਹੋਰਨਾਂ ਸਰਕਾਰੀ ਕਰਮਚਾਰੀਆਂ ਅਤੇ ਸਰਕਾਰੀ ਅਦਾਰਿਆਂ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਲੜੀ ਤਹਿਤ ਸਰਕਾਰ, ਜਨਤਕ ਅਦਾਰਿਆਂ, ਬੋਰਡ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਅਦਾਰਿਆਂ ਸਰਕਾਰੀ ਅਧਿਕਾਰੀ, ਕਰਮਚਾਰੀ, ਜਨਤਕ ਅਦਾਰਿਆਂ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਨਵੇਂ ਭਰਤੀ ਹੋਏ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਚੱਲ ਤੇ ਅਚੱਲ ਜਾਇਦਾਦਾਂ ਨੂੰ ਸਾਲਾਨਾ ਪ੍ਰਾਪਰਟੀ ਰਿਟਰਨਾਂ ਵਿੱਚ ਸ਼ਾਮਲ ਕੀਤਾ ਜਾਵੇਗਾ ਜਦੋਂ ਕਿ ਪਹਿਲਾਂ ਹੀ ਨੌਕਰੀ ਕਰ ਰਹੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਿਰਫ ਅਚੱਲ ਜਾਇਦਾਦਾਂ ਸ਼ਾਮਲ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸਕੱਤਰ, ਪ੍ਰਸੋਨਲ ਨੂੰ ਇਸ ਸਮੁੱਚੀ ਕਾਰਗੁਜ਼ਾਰੀ ਨੂੰ ਅਮਲੀ ਰੂਪ ਵਿੱਚ ਨੇਪਰੇ ਚਾੜ੍ਹਨ ਲਈ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ ਜੋ ਕਿ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗ ਮੁਖੀਆਂ ਨਾਲ ਤਾਲਮੇਲ ਸਥਾਪਤ ਕਰ ਕੇ ਉਨ੍ਹਾਂ ਵਿਭਾਗਾਂ ਵਿੱਚ ਕੰਮ ਕਰਦੇ ਗਰੁੱਪ ਏ ਤੇ ਬੀ ਦੇ ਅਧਿਕਾਰੀਆਂ ਦੀਆਂ ਪ੍ਰਾਪਰਟੀ ਰਿਟਰਨਾਂ ਹਾਸਲ ਕਰਨਗੇ। ਇਸ ਮਗਰੋਂ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਜੋ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅੰਤਰਗਤ ਕੰਮ ਕਰ ਰਹੀ ਹੈ, ਪ੍ਰਾਪਰਟੀ ਰਿਟਰਨਾਂ ਦੀ ਸਕੈਨਿੰਗ ਕਰਨ ਲਈ ਤਕਨੀਕੀ ਮੱਦਦ ਕਰੇਗੀ ਤਾਂ ਕਿ ਸਕੈਨ ਕੀਤੀਆਂ ਰਿਟਰਨਾਂ ਨੂੰ ਮਿੱਥੇ ਸਮੇਂ ਅੰਦਰ ਸਰਕਾਰੀ ਵੈਬਸਾਈਟ ਉਪਰ ਅਪਲੋਡ ਕੀਤਾ ਜਾਵੇ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਪ੍ਰਾਪਰਟੀ ਰਿਟਰਨਾਂ ਦੀ ਸਕੈਨਿੰਗ ਕਰਨ ਲਈ ਅਤਿ-ਆਧੁਨਿਕ ਹੈਵੀ ਡਿਊਟੀ ਸਕੈਨਿੰਗ ਸੈਂਟਰ ਸਥਾਪਤ ਕੀਤੇ ਜਾਣਗੇ। ਮੁੱਖ ਸਕੱਤਰ ਨੇ ਪ੍ਰਸ਼ਾਸਕੀ ਸੁਧਾਰਾਂ ਦੇ ਪ੍ਰਮੁੱਖ ਸਕੱਤਰ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਇਕ ਸਮਰੱਥ ਅਤੇ ਸਮਰਪਿਤ ਸੈੱਲ ਸਥਾਪਤ ਕੀਤਾ ਜਾਵੇ ਤਾਂ ਜੋ ਸਮੇਂ-ਸਮੇਂ ’ਤੇ ਅਪਲੋਡ ਕੀਤੀ ਜਾ ਰਹੀ ਸਮੱਗਰੀ ਦਾ ਮੁਲਾਂਕਣ ਕਰ ਕੇ ਅਪ ਟੂ ਡੇਟ ਜਾਣਕਾਰੀ ਵੈਬਸਾਈਟ ਉਪਰ ਪਾਈ ਜਾਣੀ ਯਕੀਨੀ ਬਣਾਈ ਜਾ ਸਕੇ। ਮੀਟਿੰਗ ਵਿੱਚ ਪ੍ਰਸ਼ਾਸਕੀ ਸੁਧਾਰਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਊਲ, ਪ੍ਰਸੋਨਲ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਪੰਜਾਬ ਇਨਫੋਟੈਕ ਦੇ ਐਮ.ਡੀ. ਸ੍ਰੀ ਰਾਜ ਕਮਲ ਚੌਧਰੀ, ਪ੍ਰਸ਼ਾਸਕੀ ਸੁਧਾਰਾਂ ਦੇ ਡਾਇਰੈਕਟਰ ਸ੍ਰੀ ਕੰਧੋਲਾ ਤੋਂ ਇਲਾਵਾ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਆਈ.ਟੀ. ਪ੍ਰੋਫੈਸ਼ਨਲਜ਼ ਹਾਜ਼ਰ ਸਨ।